JALANDHAR WEATHER

ਐਡਵੋਕੇਟ ਧਾਮੀ ਨੇ ਭਾਜਪਾ ਆਗੂ ਗਰੇਵਾਲ ਦੇ ਬਿਆਨ ’ਤੇ ਦਿੱਤੀ ਤਿੱਖੀ ਪ੍ਰਤੀਕਿਰਿਆ

ਅੰਮ੍ਰਿਤਸਰ, 30 ਅਪ੍ਰੈਲ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤੀ ਜਨਤਾ ਪਾਰਟੀ ਦੇ ਆਗੂ ਹਰਜੀਤ ਸਿੰਘ ਗਰੇਵਾਲ ਨੂੰ ਮੋੜਵਾਂ ਜਵਾਬ ਦਿੰਦਿਆਂ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਪੰਥ ਦੀ ਪਹਿਰੇਦਾਰ ਹੁੰਦਿਆਂ ਸਿੱਖ ਸਿਧਾਂਤਾਂ ਵਿਰੁੱਧ ਗਤੀਵਿਧੀਆਂ ਉਤੇ ਹਮੇਸ਼ਾ ਆਵਾਜ਼ ਉਠਾਉਂਦੀ ਰਹੇਗੀ। ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਦੇ ਕੁਝ ਮੈਂਬਰਾਂ ਵਲੋਂ ਭਾਜਪਾ ਵਿਚ ਜਾਣ ਦਾ ਸ਼੍ਰੋਮਣੀ ਕਮੇਟੀ ਵਲੋਂ ਵਿਰੋਧ ਕੀਤੇ ਜਾਣ ਮਗਰੋਂ ਗਰੇਵਾਲ ਸਿੱਖ ਸਿਧਾਂਤਾਂ ਨੂੰ ਰਲਗੱਡ ਕਰਨ ਵਾਲੀ ਭਾਜਪਾ ਦੀ ਸਾਜ਼ਸ਼ੀ ਨੀਤੀ ਤਹਿਤ ਬਿਆਨਬਾਜ਼ੀ ਕਰ ਰਹੇ ਹਨ, ਜਦਕਿ ਸਿੱਖ ਪੰਥ ਜਾਣਦਾ ਹੈ ਕਿ ਭਾਰਤੀ ਜਨਤਾ ਪਾਰਟੀ ਵਲੋਂ ਕਿਸ ਤਰ੍ਹਾਂ ਘੱਟ-ਗਿਣਤੀਆਂ ਦੇ ਹੱਕ-ਹਕੂਕ ਖਤਮ ਕੀਤੇ ਜਾ ਰਹੇ ਹਨ।

ਐਡੋਵੇਕਟ ਧਾਮੀ ਨੇ ਕਿਹਾ ਕਿ ਜਿਸ ਭਾਜਪਾ ਨੂੰ ਗਰੇਵਾਲ ਸਿੱਖ-ਹਿਤੈਸ਼ੀ ਪਾਰਟੀ ਦੱਸ ਰਹੇ ਹਨ, ਉਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਲੰਬਿਤ ਪਏ ਸਿੱਖ ਮਾਮਲੇ ਸੁਲਝਾਉਣ ਵਿਚ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਅੰਦਰ ਨਜ਼ਰਬੰਦ ਸਿੱਖਾਂ ਦਾ ਮਸਲਾ ਹੋਵੇ ਜਾਂ ਪੰਜਾਬ ਤੋਂ ਬਾਹਰਲੇ ਸੂਬਿਆਂ ਨਾਲ ਸੰਬੰਧਿਤ ਗੁਰੂ ਘਰਾਂ ਦੇ ਮਾਮਲੇ ਹੋਣ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਕਦੇ ਵੀ ਹੱਲ ਕਰਨ ਦੀ ਪਹਿਲਕਦਮੀ ਨਹੀਂ ਕੀਤੀ। ਇਥੋਂ ਤੱਕ ਕਿ ਭਾਜਪਾ ਦੀ ਸਰਕਾਰ ਵਲੋਂ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਸਿੱਖ ਮਸਲਿਆਂ ਸੰਬੰਧੀ ਸਮਾਂ ਦੇਣਾ ਵੀ ਮੁਨਾਸਿਬ ਨਹੀਂ ਸਮਝਿਆ ਜਾਂਦਾ।

ਉਨ੍ਹਾਂ ਕਿਹਾ ਕਿ ਸਿੱਖ ਸਿਧਾਂਤਾਂ ਤੋਂ ਅਣਜਾਣ ਗਰੇਵਾਲ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਇਕੋ ਧਾਰਾ ਦੇ ਹੀ ਦੋ ਅੰਗ ਹਨ, ਜਿਨ੍ਹਾਂ ਨੇ ਹਮੇਸ਼ਾ ਹੀ ਸੰਯੁਕਤ ਯਤਨਾਂ ਨਾਲ ਸਿੱਖ ਮਾਮਲਿਆਂ ਦੀ ਤਰਜਮਾਨੀ ਕੀਤੀ ਹੈ। ਪੰਥ ਦੀਆਂ ਇਹ ਸੰਸਥਾਵਾਂ ਕਿਸੇ ਇਕ ਦੀ ਮਲਕੀਅਤ ਨਹੀਂ ਸਗੋਂ ਇਨ੍ਹਾਂ ਦਾ ਇਤਿਹਾਸ ਲੋਕ ਸੰਘਰਸ਼ ਦਾ ਪ੍ਰਤੀਨਿਧ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਸਿਧਾਂਤਾਂ ਤੇ ਸਿੱਖ ਸਰੋਕਾਰਾਂ ਦੀ ਤਰਜਮਾਨੀ ਕਰਨ ਤੋਂ ਕਦੇ ਵੀ ਪਿੱਛੇ ਨਹੀਂ ਹਟੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ